ਮੈਂ ਅੱਜ ਸੰਗਰੂਰ, ਬਰਨਾਲਾ, ਮੋਗਾ, ਫਿਰੋਜ਼ਪੁਰ ਇਲਾਕੇ ਤੇ ਦੌਰੇ ਤੇ ਸਾਂ। ਤਾਪਮਾਨ 45 ਡਿਗਰੀ ਤੇ ਪਹੁੰਚਿਆ ਹੋਇਆ ਸੀ, ਕੋਈ ਚਿੜੀ ਜਨੌਰ ਵੀ ਬਾਹਰ ਨਹੀਂ ਸੀ ਦਿਸ ਰਿਹਾ,
ਪਰ ਹਲਾਂ ਨਾਲ ਵਾਹ ਕੇ ਪੂਰੀ ਤਰ੍ਹਾਂ ਪੋਲੇ ਕੀਤੇ ਖੇਤਾਂ ਵਿੱਚ ਹਜਾਰਾਂ ਟਿਊਬਵੈਲ ਪਾਣੀ ਭਰਨ ਲਈ ਸੂਰਜ ਨਾਲ ਹਠਧਰਮੀ ਜੰਗ ਲੜ ਰਹੇ ਸਨ। ਇਸ ਤਰਾਂ ਲੱਗ ਰਿਹਾ ਸੀ ਕਿ ਮਾਤਾ ਧਰਤ ਮਹੱਤ ਦਾ ਪਾਣੀ ਪਿਤਾ ਦੀ ਹਾਜਰੀ ਵਿੱਚ , ਉਸ ਦੇ ਪੁੱਤਰਾਂ ਵੱਲੋਂ ਬੇਸ਼ਰਮੀ ਨਾਲ ਬਲਾਤਕਾਰ ਕੀਤਾ ਜਾ ਰਿਹਾ ਹੋਵੇ।
ਕਈ ਦਿਨਾਂ ਤੋਂ ਜੀਰੀ ਲਗਾ ਰਹੇ ਕੁਝ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮਹਿਸੂਸ ਹੋਇਆ ਕਿ *ਬਸ ਹੁਣ ਕਹਾਣੀ ਖਤਮ ਸਮਝੋ ਕਿਉਂਕਿ ਮਸਲਾ ਤਰਕ , ਕਾਨੂੰਨ, ਧਰਮ, ਦੁਨੀਆਵੀ ਸਿਆਣਪ ਅਤੇ ਸਮਾਜੀ ਇਖਲਾਕ ਦੇ ਮਾਨਵੀ ਚੌਖਟੇ ਤੋਂ ਬਹੁਤ ਅੱਗੇ ਲੰਘ ਚੁੱਕਿਆ ਹੈ ।*
ਆਪੋ ਧਾਪੀ...
ਦੇ ਇਸ ਦੌਰ ਵਿਚ ਪਾਣੀ ਬਾਰੇ ਜਾਗਰੂਕ ਹੋ ਕੇ ਪੰਜਾਬੀ ਸਭਿਅਤਾ ਨੂੰ ਬਚਾਉਣ ਲਈ ਕੋਈ ਸਿਆਣਪੀ ਗੱਲ ਸੁਨਣ ਨੂੰ ਤਿਆਰ ਨਹੀਂ , ਆਉਣ ਵਾਲੇ ਕੱਲ ਦਾ ਫਿਕਰ , ਬਹੁਗਿਣਤੀ ਲਈ, ਮਖੌਲ ਦਾ ਪਾਤਰ ਬਣ ਗਿਆ ਹੈ ।
ਅੱਜ 9 ਜੂਨ ਨੂੰ ਜਦੋਂ ਕੁਦਰਤ ਨਾਲ ਹੁੰਦਾ ਖਿਲਵਾੜ ਅੱਖਾਂ ਤੋਂ ਦੇਖ ਨਾ ਹੋਇਆ ਤਾਂ ਤਿਖੱੜ ਦੁਪਿਹਰੀਂ ਕਾਰ ਦੀ ਪਿਛਲੀ ਸੀਟ ਤੇ ਆਪਣੀਆਂ ਨਮ ਹੋਈਆਂ ਅੱਖਾਂ ਬੰਦ ਕਰਕੇ ਬਾਬਾ ਨਾਨਕ ਅੱਗੇ ਸਰਬੱਤ ਦੇ ਭਲੇ ਅਤੇ ਲੋਕਾਈ ਨੂੰ ਸੁਮੱਤ ਬਖਸ਼ਣ ਦੀ ਅਰਦਾਸ ਕਰਨ ਲੱਗ ਪਿਆ ।
ਕਾਹਨ ਸਿੰਘ ਪੰਨੂੰ